PCS ਨਤੀਜੇ ਨੂੰ ਲੈ ਕੇ ਵਿਦਿਆਰਥੀਆਂ ਨੇ ਖੋਲ੍ਹਿਆ ਮੋਰਚਾ, ਇੰਟਰਵਿਊ ਰੋਕਣ ਦੀ ਕੀਤੀ ਮੰਗ, ਹਾਈਕੋਰਟ ਜਾਣ ਦੀ ਤਿਆਰੀ
PCS ਮੇਨਜ਼ ਦੇ ਨਤੀਜੇ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚਾਲੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਨੇ ਇੰਟਰਵਿਊ ਲਈ ਚੁਣੇ ਗਏ ਵਿਦਿਆਰਥੀਆਂ ਦੇ ਦਸਤਾਵੇਜ਼ਾਂ ਦੀ ਜਾਂਚ (ਸਕ੍ਰੂਟਨੀ) ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ।
ਦੂਜੇ ਪਾਸੇ ਨਤੀਜੇ 'ਤੇ ਸਵਾਲ ਚੁੱਕ ਰਹੇ ਵਿਦਿਆਰਥੀਆਂ ਨੇ ਪਟਿਆਲਾ ਸਥਿਤ PPSC ਦਫ਼ਤਰ ਦੇ ਬਾਹਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਵਿਦਿਆਰਥੀਆਂ ਦੀ ਮੰਗ ਹੈ ਕਿ ਇੰਟਰਵਿਊ ਦੀ ਪ੍ਰਕਿਰਿਆ ਨੂੰ ਤੁਰੰਤ ਰੋਕਿਆ ਜਾਵੇ ਅਤੇ ਪੂਰੇ ਮਾਮਲੇ ਦੀ ਜਾਂਚ ਕਰਵਾਈ ਜਾਵੇ।

ਸਟੂਡੈਂਟਸ ਦੀ ਹਾਈਕੋਰਟ ਜਾਣ ਦੀ ਤਿਆਰੀ
ਵਿਦਿਆਰਥੀਆਂ ਦੀ ਕਾਨੂੰਨੀ ਟੀਮ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਦੀਆਂ ਰਸਮੀ ਕਾਰਵਾਈਆਂ ਪੂਰੀਆਂ ਕਰਨ ਲਈ ਵਕੀਲਾਂ ਨਾਲ ਮੀਟਿੰਗ ਕਰ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹ ਸਰਕਾਰ ਅਤੇ PPSC ਵਿਰੁੱਧ ਸੜਕਾਂ ਤੋਂ ਲੈ ਕੇ ਹਾਈਕੋਰਟ ਤੱਕ ਲੜਾਈ ਲੜਨਗੇ। ਉੱਧਰ PPSC ਨੇ ਦਸਤਾਵੇਜਾਂ ਦੀ ਜਾਂਚ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ।
ਸ਼ਡਿਊਲ ਮੁਤਾਬਕ, 11 ਨਵੰਬਰ ਤੋਂ 17 ਨਵੰਬਰ ਤੱਕ ਚੁਣੇ ਗਏ ਉਮੀਦਵਾਰਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ। ਇਸ ਪ੍ਰਕਿਰਿਆ ਦੇ ਪੂਰਾ ਹੋਣ ਤੋਂ ਬਾਅਦ ਇੰਟਰਵਿਊ ਦਾ ਸ਼ਡਿਊਲ ਜਾਰੀ ਕੀਤਾ ਜਾਵੇਗਾ। ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਜਿਹੜੇ ਉਮੀਦਵਾਰ ਦਸਤਾਵੇਜ਼ਾਂ ਦੀ ਜਾਂਚ ਨਹੀਂ ਕਰਵਾਉਣਗੇ, ਉਨ੍ਹਾਂ ਨੂੰ ਇੰਟਰਵਿਊ ਲਈ ਅਯੋਗ ਕਰਾਰ ਦੇ ਦਿੱਤਾ ਜਾਵੇਗਾ।
PPSC ਦਫ਼ਤਰ ਵਿੱਚ ਹੋਵੇਗੀ ਦਸਤਾਵੇਜ਼ਾਂ ਦੀ ਜਾਂਚ
ਕਮਿਸ਼ਨ ਨੇ ਸ਼ਾਰਟਲਿਸਟ ਕੀਤੇ ਗਏ ਉਮੀਦਵਾਰਾਂ ਦੀ ਰੋਲ ਨੰਬਰ ਅਨੁਸਾਰ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਉਮੀਦਵਾਰਾਂ ਨੂੰ 11 ਨਵੰਬਰ 2026 ਤੋਂ 17 ਨਵੰਬਰ 2026 ਤੱਕ ਪਟਿਆਲਾ ਸਥਿਤ ਕਮਿਸ਼ਨ ਦੇ ਦਫ਼ਤਰ ਵਿੱਚ ਖੁਦ ਪਹੁੰਚ ਕੇ ਆਪਣੇ ਅਸਲ ਦਸਤਾਵੇਜ਼ਾਂ ਦੀ ਜਾਂਚ ਕਰਵਾਉਣੀ ਹੋਵੇਗੀ।
ਗੈਰ-ਹਾਜ਼ਰ ਰਹਿਣ ਵਾਲੇ ਉਮੀਦਵਾਰ ਹੋਣਗੇ ਅਯੋਗ
PPSC ਨੇ ਸਪੱਸ਼ਟ ਕੀਤਾ ਹੈ ਕਿ ਜਿਹੜੇ ਉਮੀਦਵਾਰ ਦਸਤਾਵੇਜ਼ਾਂ ਦੀ ਜਾਂਚ ਦੌਰਾਨ ਗੈਰ-ਹਾਜ਼ਰ ਰਹਿਣਗੇ, ਉਨ੍ਹਾਂ ਦੀ ਉਮੀਦਵਾਰੀ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀ ਜਾਵੇਗੀ। ਅਜਿਹੇ ਉਮੀਦਵਾਰਾਂ ਨੂੰ ਇੰਟਰਵਿਊ ਵਿੱਚ ਸ਼ਾਮਲ ਹੋਣ ਦਾ ਮੌਕਾ ਨਹੀਂ ਮਿਲੇਗਾ।
DSP ਅਤੇ ਜੇਲ੍ਹ ਵਿਭਾਗ ਦੀਆਂ ਅਸਾਮੀਆਂ ਲਈ ਫਿਜ਼ੀਕਲ ਟੈਸਟ
ਪੰਜਾਬ ਪੁਲਿਸ ਸੇਵਾ ਵਿੱਚ ਡਿਪਟੀ ਸੁਪਰਡੈਂਟ ਆਫ਼ ਪੁਲਿਸ (DSP) ਅਤੇ ਜੇਲ੍ਹ ਵਿਭਾਗ ਵਿੱਚ ਜੇਲ੍ਹ ਸੁਪਰਡੈਂਟ (ਗ੍ਰੇਡ-II)/ਜ਼ਿਲ੍ਹਾ ਪ੍ਰੋਬੇਸ਼ਨ ਅਫ਼ਸਰ ਦੀਆਂ ਅਸਾਮੀਆਂ ਲਈ ਫਿਜ਼ੀਕਲ ਟੈਸਟ ਨਵੰਬਰ 2026 ਦੇ ਆਖਰੀ ਹਫ਼ਤੇ ਵਿੱਚ ਕਰਵਾਇਆ ਜਾਵੇਗਾ।
ਦਸੰਬਰ ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਹੋ ਸਕਦੇ ਹਨ ਇੰਟਰਵਿਊ
ਮੁੱਖ ਪ੍ਰੀਖਿਆ ਵਿੱਚ ਸਫਲ ਰਹਿਣ ਵਾਲੇ ਉਮੀਦਵਾਰਾਂ ਦੇ ਇੰਟਰਵਿਊ ਆਰਜ਼ੀ ਤੌਰ 'ਤੇ ਦਸੰਬਰ 2026 ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਵਿਸਤ੍ਰਿਤ ਸ਼ਡਿਊਲ ਕਮਿਸ਼ਨ ਵੱਲੋਂ ਆਪਣੀ ਅਧਿਕਾਰਤ ਵੈੱਬਸਾਈਟ 'ਤੇ ਵੱਖਰੇ ਤੌਰ 'ਤੇ ਜਾਰੀ ਕੀਤਾ ਜਾਵੇਗਾ।
ਦੂਜੇ ਪਾਸੇ ਵਿਦਿਆਰਥੀਆਂ ਵੱਲੋਂ ਪਟੀਸ਼ਨ ਦਾਖ਼ਲ ਕਰਨ ਦੀ ਤਿਆਰੀ ਹੋ ਰਹੀ ਹੈ ਜਿਸਦੇ ਮੁਤਾਬਕ ਮੁੱਖ ਪ੍ਰੀਖਿਆ ਦੇ ਮੁਲਾਂਕਣ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਇੰਟਰਵਿਊ ਦੀ ਪ੍ਰਕਿਰਿਆ 'ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਨਤੀਜੇ ਨਾਲ ਜੁੜੇ ਵਿਵਾਦ ਦੀ ਜਾਂਚ ਨਹੀਂ ਹੁੰਦੀ, ਉਦੋਂ ਤੱਕ ਅਗਲੀ ਪ੍ਰਕਿਰਿਆ ਅੱਗੇ ਨਹੀਂ ਵਧਣੀ ਚਾਹੀਦੀ।


Click it and Unblock the Notifications
