ਰੰਧਾਵਾ ਦਾ ਵੱਡਾ ਇਲਜ਼ਾਮ! ‘ਪੁਲਿਸ ਅਫ਼ਸਰਾਂ ਦੇ ਗੈਂਗਸਟਰਾਂ ਨਾਲ ਸਬੰਧ?’
ਕਾਂਗਰਸ ਦੇ ਲੋਕ ਸਭਾ ਮੈਂਬਰ ਅਤੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਰਡਰ ਰੇਂਜ ਦੇ ਕੁਝ ਪੁਲਿਸ ਅਧਿਕਾਰੀਆਂ 'ਤੇ ਗੈਂਗਸਟਰਾਂ ਨਾਲ ਕਥਿਤ ਮਿਲੀਭੁਗਤ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਰੰਧਾਵਾ ਨੇ ਕਿਹਾ ਕਿ ਖ਼ਾਸ ਤੌਰ 'ਤੇ ਡੇਰਾ ਬਾਬਾ ਨਾਨਕ ਅਤੇ ਬਟਾਲਾ ਤੋਂ ਤਬਦੀਲ ਕੀਤੇ ਗਏ ਡੀਐੱਸਪੀਜ਼ ਸਮੇਤ ਸਬੰਧਿਤ ਪੁਲਿਸ ਅਧਿਕਾਰੀਆਂ ਦੇ ਮੋਬਾਈਲ ਫੋਨ ਅਤੇ ਕਾਲ ਡਿਟੇਲ ਦੀ ਜਾਂਚ ਹੋਣੀ ਚਾਹੀਦੀ ਹੈ।
ਰੰਧਾਵਾ ਨੇ ਇਹ ਦੋਸ਼ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਗਾਏ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਦੋਸ਼ ਝੂਠੇ ਸਾਬਤ ਹੁੰਦੇ ਹਨ ਤਾਂ ਪੰਜਾਬ ਦੇ ਡੀਜੀਪੀ ਉਨ੍ਹਾਂ ਖ਼ਿਲਾਫ਼ ਵੀ ਮਾਮਲਾ ਦਰਜ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਅਧਿਕਾਰੀਆਂ ਖ਼ਿਲਾਫ਼ ਤੁਰੰਤ ਫੌਜਦਾਰੀ ਮਾਮਲਾ ਦਰਜ ਕੀਤਾ ਜਾਵੇ।

ਰੰਧਾਵਾ ਨੇ ਪੰਜਾਬ ਦੇ ਕਾਰਜਕਾਰੀ ਡੀਜੀਪੀ ਗੌਰਵ ਯਾਦਵ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਗੈਂਗਸਟਰਾਂ ਦੇ ਪਰਿਵਾਰਾਂ ਨੂੰ ਪੁਲਿਸ ਸੁਰੱਖਿਆ ਦਿੱਤੀ ਜਾ ਰਹੀ ਹੈ, ਜਦਕਿ ਗੈਂਗਸਟਰਾਂ ਤੋਂ ਧਮਕੀਆਂ ਅਤੇ ਫਿਰੌਤੀ ਦੀਆਂ ਕਾਲਾਂ ਪ੍ਰਾਪਤ ਕਰਨ ਵਾਲੇ ਲੋਕਾਂ ਨੂੰ ਲੋੜੀਂਦੀ ਸੁਰੱਖਿਆ ਨਹੀਂ ਮਿਲ ਰਹੀ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਗੁਰਦਾਸਪੁਰ ਨਗਰ ਕੌਂਸਲ ਚੋਣਾਂ ਦੌਰਾਨ ਗੈਂਗਸਟਰਾਂ ਵੱਲੋਂ ਕਥਿਤ ਤੌਰ 'ਤੇ ਵੋਟਰਾਂ ਨੂੰ ਫੋਨ ਕਰਕੇ ਧਮਕੀਆਂ ਦਿੱਤੀਆਂ ਗਈਆਂ, ਪਰ ਪ੍ਰਸ਼ਾਸਨ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿੱਚ ਨਾਕਾਮ ਰਿਹਾ।
ਰੰਧਾਵਾ ਨੇ ਕਿਹਾ ਕਿ ਉਹ ਇਹ ਮੁੱਦਾ ਕਿਸੇ ਸਿਆਸੀ ਬਿਆਨਬਾਜ਼ੀ ਲਈ ਨਹੀਂ, ਸਗੋਂ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਚੁੱਕ ਰਹੇ ਹਨ।


Click it and Unblock the Notifications
